Assam Flood: ਉੱਤਰੀ ਭਾਰਤ ਵਿੱਚ ਲਗਾਤਾਰ ਵੱਧ ਰਹੀ ਗਰਮੀ ਦੇ ਵਿਚਕਾਰ ਅਸਾਮ ਵਿੱਚ ਲਗਾਤਾਰ ਮੀਂਹ ਕਾਰਨ ਹੜ੍ਹਾਂ ਤੇ ਜ਼ਮੀਨ ਖਿਸਕਣ ਦੀ ਸਥਿਤੀ ਪੈਦਾ ਹੋ ਗਈ ਹੈ। ਜਿਸ ਕਾਰਨ ਆਸਾਮ ਦੇ 20 ਜ਼ਿਲ੍ਹਿਆਂ ਵਿੱਚ ਕਰੀਬ 2 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੀਮਾ ਹਸਾਓ ਜ਼ਿਲ੍ਹੇ ਦੇ ਪਹਾੜੀ ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਰੇਲ ਅਤੇ ਸੜਕ ਸੰਪਰਕ ਟੁੱਟ ਗਿਆ ਹੈ। ਜਿਸ ਨਾਲ ਰਾਜ ਦੇ ਬਾਕੀ ਹਿੱਸਿਆਂ ਨਾਲ ਸੰਪਰਕ ਟੁੱਟ ਗਿਆ ਹੈ।
ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਅਸਾਮ ਦੇ ਕਚਾਰ ਜ਼ਿਲੇ 'ਚ ਹੜ੍ਹ ਕਾਰਨ ਦੋ ਮੌਤਾਂ ਹੋਈਆਂ ਹਨ, ਜਦਕਿ ਦੀਮਾ ਹਸਾਓ 'ਚ ਜ਼ਮੀਨ ਖਿਸਕਣ ਕਾਰਨ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਲਗਭਗ 1,97,248 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚ ਹੋਜਈ ਅਤੇ ਕਚਾਰ ਵਿੱਚ ਕ੍ਰਮਵਾਰ 78,157 ਅਤੇ 51,357 ਲੋਕ ਪ੍ਰਭਾਵਿਤ ਹੋਏ ਹਨ।
ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਹੁਣ ਤੱਕ 20 ਜ਼ਿਲ੍ਹਿਆਂ ਦੇ 46 ਮਾਲ ਮੰਡਲਾਂ ਦੇ ਕੁੱਲ 652 ਪਿੰਡ ਮੀਂਹ ਨਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਾਹਰ ਕੱਢੇ ਜਾ ਰਹੇ ਲੋਕਾਂ ਨੂੰ ਸੱਤ ਜ਼ਿਲ੍ਹਿਆਂ ਵਿੱਚ ਬਣਾਏ ਗਏ ਕਰੀਬ 55 ਰਾਹਤ ਕੈਂਪਾਂ ਵਿੱਚ ਰੱਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਕੁੱਲ 32,959 ਲੋਕਾਂ ਨੂੰ ਪਨਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਖੇਤਰਾਂ ਵਿੱਚ 12 ਰਾਹਤ ਵੰਡ ਕੇਂਦਰ ਵੀ ਬਣਾਏ ਗਏ ਹਨ।