ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਪਿੰਕੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਇਹ ਤਰਕ ਦਿੱਤਾ ਹੈ ਕਿ ਮੈਨੂੰ ਅੱਤਵਾਦੀਆਂ ਤੋਂ ਖਤਰਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਪ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਨਾਲ ਉਨ੍ਹਾਂ ਦੀ ਜਾਨ ਨੂੰ ਖਤਰਾ ਪੈਦਾ ਹੋ ਗਿਆ ਹੈ। ਹਾਈਕੋਰਟ ਨੇ ਉਸ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਤੋਂ ਜਵਾਬ ਤਲਬ ਕੀਤਾ ਹੈ।
ਦਰਅਸਲ 'ਚ ਪਰਮਿੰਦਰ ਪਿੰਕੀ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਿੰਕੀ ਕੋਲ 28 ਪੁਲਿਸ ਵਾਲੇ ਤੇ 1 ਪਾਇਲਟ ਸੀ। ਮਾਨ ਸਰਕਾਰ ਨੇ ਇਸ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਕਿਹਾ ਗਿਆ ਕਿ ਪਿੰਕੀ ਨੂੰ ਕੋਈ ਖਾਸ ਖਤਰਾ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਤੈਅ ਨਿਯਮਾਂ ਤਹਿਤ ਸੁਰੱਖਿਆ ਦਿੱਤੀ ਜਾਵੇਗੀ। ਮਾਨ ਸਰਕਾਰ ਨੇ ਵੀਆਈਪੀ ਸੁਰੱਖਿਆ 'ਤੇ ਕੈਂਚੀ ਚਲਾਉਂਦੇ ਹੋਏ ਪਿੰਕੀ ਤੋਂ 26 ਗੰਨਮੈਨ ਅਤੇ ਪਾਇਲਟ ਵਾਪਸ ਲੈ ਲਏ। ਹੁਣ ਉਨ੍ਹਾਂ ਕੋਲ ਸਿਰਫ਼ 2 ਪੁਲਿਸ ਮੁਲਾਜ਼ਮ ਰਹਿ ਗਏ ਹਨ।