ਮੋਹਾਲੀ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਦੇਰ ਰਾਤ ਗ੍ਰਿਫਤਾਰ ਕਰ ਲਿਆ ਹੈ। ਧਰਮਸੋਤ ਨੂੰ ਪੋਸਟ ਮੈਟ੍ਰਿਕ ਘੋਟਾਲੇ 'ਚ ਲੱਗੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਧਰਮਸੋਤ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ 'ਚ ਜੰਗਲਾਤ ਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਇਕ ਆਈਏਐਸ ਅਧਿਕਾਰੀ ਵੱਲੋਂ ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਦੋਸ਼ੀ ਠਹਿਰਾਇਆ ਗਿਆ ਸੀ ਪਰ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ। ਧਰਮਸੋਤ 'ਤੇ ਰੁੱਖਾਂ ਦੀ ਕਟਾਈ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ।
ਪਿਛਲੇ ਦਿਨੀਂ ਵਿਜੀਲੈਂਸ ਨੇ ਮੋਹਾਲੀ ਦੇ ਡੀਐੱਫਓ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫ਼ਸਰਾਂ ਨੂੰ ਰਿਸ਼ਵਤਖੋਰੀ ਦੇ ਦੋਸ਼ 'ਚ ਫੜਿਆਾ ਸੀ। ਉਨ੍ਹਾਂ ਪੁੱਛਗਿੱਛ 'ਚ ਦੱਸਿਆ ਕਿ ਧਰਮਸੋਤ ਇਕ ਦਰੱਖਤ ਕੱਟਣ ਬਦਲੇ 500 ਰੁਪਏ ਦੀ ਰਿਸ਼ਵਤ ਲੈਂਦੇ ਸਨ।
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਮਸੋਤ ਨੂੰ ਸਲਾਖਾਂ ਪਿੱਛੇ ਭੇਜਣ ਦੀ ਗੱਲ ਕਹੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਮੇਤ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਉਦੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਅੰਦੋਲਨ ਕੀਤਾ ਸੀ।