Punjab By Election 2024: ਹਲਕਾ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣ ਲਈ ਬੁੱਧਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਦੌਰਾਨ ਸਵੇਰੇ ਤੜਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮੌਕੇ 'ਤੇ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਇਕ ਦੂਜੇ 'ਤੇ ਗੰਭੀਰ ਦੋਸ਼ ਲਾਏ।
ਮਾਮਲਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਮੌਕੇ 'ਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ। ਇਹ ਘਟਨਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ਦੀ ਹੈ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ 'ਤੇ ਕੁੱਟਮਾਰ ਦੇ ਗੰਭੀਰ ਦੋਸ਼ ਲਾਏ ਹਨ। ਮੌਕੇ 'ਤੇ ਪਹੁੰਚੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਿਸੇ ਤਰ੍ਹਾਂ ਆਪਣੇ ਵਰਕਰਾਂ ਨੂੰ ਸ਼ਾਂਤ ਕੀਤਾ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਵੋਟਾਂ ਪਾਉਣ ਦੀ ਅਪੀਲ ਕੀਤੀ |
ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਉਦੋਂ ਇੱਥੇ ਪਹੁੰਚਿਆ ਜਦੋਂ ਸਾਡੇ ਵਰਕਰਾਂ ਦੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਗਈ। ਕਾਂਗਰਸੀ ਵਰਕਰਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਬਾਹਰਲੇ ਸ਼ਹਿਰਾਂ ਦਾ ਇੱਕ ਨੌਜਵਾਨ, ਜੋ ਕਿ ਆਮ ਆਦਮੀ ਪਾਰਟੀ ਨਾਲ ਸੀ, ਨੂੰ ਪੁਲਿਸ ਨੇ ਫੜ ਲਿਆ ਹੈ।
ਸੁਖਜਿੰਦਰ ਰੰਧਾਵਾ ਨੇ ਦੋਸ਼ ਲਾਇਆ ਕਿ ਡੀਐਸਪੀ ਇਸ ਡਰ ਕਾਰਨ ਅੰਦਰ ਨਹੀਂ ਗਏ ਕਿ ਸ਼ਾਇਦ ਕੋਈ ‘ਆਪ’ ਆਗੂ ਕੁਝ ਕਹਿ ਸਕਦਾ ਹੈ। ਰੰਧਾਵਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਬਾਹਰਲੇ ਸ਼ਹਿਰਾਂ ਤੋਂ ਆਏ ਹਨ। ਉਨ੍ਹਾਂ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਸੀਐਮ ਮਾਨ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪਾਲਿਆ ਹੈ। ਉਹ ਭਗਵਾਨਪੁਰੀਆ ਦੀ ਰੱਖਿਆ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਪਲਟਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੀ ਸਰਕਾਰ ਵੇਲੇ ਗੈਂਗਸਟਰਾਂ ਨੂੰ ਪਾਲਿਆ ਤੇ ਅੱਜ ਉਹ ਗੈਂਗਸਟਰਾਂ ਤੋਂ ਡਰਦੇ ਹਨ। ਮੈਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਸੁਰੱਖਿਆ ਨਾਲ ਆਪਣੀਆਂ ਗੱਡੀਆਂ ਵਿੱਚ ਆਇਆ ਹਾਂ।
ਗੁਰਦੀਪ ਰੰਧਾਵਾ ਨੇ ਗੰਭੀਰ ਦੋਸ਼ ਲਾਇਆ ਕਿ ਡੇਰਾ ਬਾਬਾ ਨਾਨਕ ਵਿੱਚ 6 ਤੋਂ 7 ਕਤਲ ਕਾਂਗਰਸ ਨੇ ਕਰਵਾਏ ਹਨ। ਨਾਲ ਹੀ ਇਹ ਸਭ ਕੁਝ ਸੁਖਜਿੰਦਰ ਸਿੰਘ ਰੰਧਾਵਾ ਦੇ ਉਕਸਾਉਣ 'ਤੇ ਕੀਤਾ ਗਿਆ ਸੀ। ਰੰਧਾਵਾ ਨੇ ਅੱਗੇ ਕਿਹਾ ਕਿ ਵੋਟਾਂ ਸ਼ਾਂਤੀਪੂਰਵਕ ਨੇਪਰੇ ਚਾੜ੍ਹੀਆਂ ਜਾਣ ਕਿਉਂਕਿ ਆਮ ਆਦਮੀ ਪਾਰਟੀ ਜਿੱਤ ਵੱਲ ਵਧ ਰਹੀ ਹੈ।